ਭਾਈ ਟਿੰਮਾ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨਾ ਸਰਕਾਰ ਦੀ ਧੱਕੇਸ਼ਾਹੀ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰ ਪਾਲ ਸਿੰਘ ਟਿੰਮਾ ਖ਼ਿਲਾਫ਼ ਪੁਲਿਸ ਵਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਟਿੰਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਸੀ ਕੀਤਾ, ਪਰ ਰਾਜਸਥਾਨ ਸਰਕਾਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਸੰਵਿਧਾਨਕ ਆਜ਼ਾਦੀ ਦਾ ਗਲਾ ਘੁੱਟਦਿਆਂ ਭਾਈ ਟਿਮਾ ਖ਼ਿਲਾਫ਼ ਪਹਿਲਾਂ ਤਾਂ ਝੂਠਾ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਕੇ ਘੱਟ-ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਭਾਈ ਟਿੰਮਾ ਨੂੰ ਉੱਚ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਿਲੀ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੇਸ਼ ਵਿਚ ਕਿਤੇ ਵੀ ਕਿਸੇ ਸਿੱਖ ਨਾਲ ਧੱਕੇਸ਼ਾਹੀ ਦੇ ਵਿਰੁੱਧ ਸਾਰੀ ਸਿੱਖ ਕੌਮ ਇਕਜੁਟ ਹੋ ਕੇ ਹਮੇਸ਼ਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਈ ਟਿਮਾ ਦੇ ਨਾਲ ਰਾਜਸਥਾਨ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਬਣਦੀ ਕਾਨੂੰਨੀ ਚਾਰਾਜੋਈ ਕਰੇ।