ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੋਈ ਕੇਂਦਰ ਸਰਕਾਰ, ਭਰਨਾ ਹੋਵੇਗਾ ਦੁੱਗਣਾ ਜ਼ੁਰਮਾਨਾ
ਨਵੀਂ ਦਿੱਲੀ, 7 ਨਵੰਬਰ- ਕੇਂਦਰ ਦੀ ਮੋਦੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸਪਾਸ ਦੇ ਖੇਤਰਾਂ ਵਿਚ ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਖ਼ਤ ਕਦਮ ਚੁੱਕੇ ਹਨ। ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜ਼ੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੁਣ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ 5 ਹਜ਼ਾਰ ਰੁਪਏ ਜ਼ੁਰਮਾਨੇ ਵਜੋਂ ਭਰਨੇ ਪੈਣਗੇ। ਇਸ ਦੇ ਨਾਲ ਹੀ ਜੇਕਰ 2 ਏਕੜ ਤੋਂ 5 ਏਕੜ ਤੱਕ ਦੇ ਕਿਸਾਨ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਨੂੰ 10,000 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਇਸ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਜ਼ੁਰਮਾਨਾ ਭਰਨਾ ਪਵੇਗਾ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਨਵੰਬਰ ਮਹੀਨੇ ਪਰਾਲੀ ਸਾੜਨ ’ਤੇ ਸਖ਼ਤੀ ਦਿਖਾਈ ਸੀ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕ ਰਹੀ ਹੈ, ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਇਹ ਸਖ਼ਤ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਰਹਿਣ ਲਈ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਸੀ। ਸੁਪਰੀਮ ਕੋਰਟ ਨੇ ਹਵਾ ਕੁਆਲਿਟੀ ਕਮਿਸ਼ਨ ਨੂੰ ਪਰਾਲੀ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਸਜ਼ਾਤਮਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਬੈਂਚ ਨੇ ਆਪਣੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਚਲਾਉਣ ਲਈ ਇਕ ਹਫ਼ਤੇ ਦੀ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਹੈ।