ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਐੱਸ.ਡੀ.ਓ. ਤੇ ਸਬ-ਇੰਸਪੈਕਟਰ ਵਿਰੁੱਧ ਪਰਚਾ
ਫ਼ਿਰੋਜ਼ਪੁਰ, 21 ਨਵੰਬਰ (ਲਖਵਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫ਼ਿਰੋਜ਼ਪੁਰ ਦੇ ਐੱਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ 15 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਵੇਂ ਮੁਲਜ਼ਮ ਪੰਚਾਇਤੀ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐੱਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਭਾਲ ਕਰ ਰਹੀਆਂ ਹਨ।