ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵਲੋਂ ਰੇਲਵੇ ਟਰੈਕ ’ਤੇ ਧਰਨਾ
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਅੱਜ ਦਿੱਤੇ ਗਏ ਸੱਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਟਰੈਕ ’ਤੇ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ। ਇਸ ਕਰਕੇ ਰੇਲਵੇ ਆਵਾਜਾਈ ਠੱਪ ਰਹੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਕਿਸਾਨੀ ਮੰਗਾਂ ਪ੍ਰਤੀ ਬਹੁਤ ਮੰਦਭਾਗਾ ਹੈ। ਜਿਸ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਰੱਖਣ ਲਈ ਮਜਬੂਰ ਹੋਣਾ ਪਿਆ, ਪਰ ਸਰਕਾਰ ਹੁਣ ਵੀ ਟਸ ਤੋਂ ਮਸ ਨਹੀਂ ਹੋ ਰਹੀ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਪੁਲਿਸ ਵਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।