ਕਿਸਾਨਾਂ ਨੇ ਸਮਰਾਲਾ ਦੇ ਸਟੇਸ਼ਨ ’ਤੇ ਰੇਲਾਂ ਰੋਕਣ ਲਈ ਦਿੱਤਾ ਧਰਨਾ
ਸਮਰਾਲਾ, (ਲੁਧਿਆਣਾ), 18 ਦਸੰਬਰ (ਗੋਪਾਲ ਸੋਫਤ)- ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਕ ਦੇ ਸੱਦੇ ’ਤੇ ਅਤੇ ਉਨ੍ਹਾਂ ਦੇ ਸਮਰਥਨ ਵਿਚ ਉੱਤਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਅੱਜ ਸਥਾਨਕ ਰੇਲਵੇ ਸਟੇਸ਼ਨ ਦੇ ਰੇਲ ਟਰੈਕ ’ਤੇ ਰੇਲ ਆਵਾਜਾਈ ਰੋਕਣ ਲਈ ਧਰਨਾ ਦਿੱਤਾ। ਇਸ ਮੌਕੇ ’ਤੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਕਿਸਾਨ ਖੇਤ ਮਜ਼ਦੂਰ ਜਥੇਬੰਦੀ ਦੇ ਸੰਤੋਖ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2021 ਵਿਚ ਦਿੱਲੀ ਮੋਰਚਾ ਖਤਮ ਕਰਨ ਸਮੇਂ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਉਹ ਵਾਅਦੇ ਪੂਰੇ ਨਹੀਂ ਕਰ ਰਹੀ, ਇਸ ਲਈ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨਾਂ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਪੂਰੀ ਤਰ੍ਹਾਂ ਲਾਗੂ ਕੀਤੀਆਂ ਜਾਣ ਇਸ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਆਪਸੀ ਗਿਲੇ -ਸ਼ਿਕਵੇ ਭੁਲਾ ਕੇ ਇਕੱਠੇ ਹੋਣ ਦੀ ਲੋੜ ਹੈ ਤਾਂ ਹੀ ਇਹ ਮੋਰਚਾ ਜਿੱਤਿਆ ਜਾ ਸਕਦਾ ਹੈ। ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਖਨੌਰੀ ਮੋਰਚੇ ਵਿਚ ਖੰਨਾ ਇਲਾਕੇ ਦੇ ਮ੍ਰਿਤਕ ਕਿਸਾਨ ਦੀ ਮੌਤ ’ ਤੇ ਦੁੱਖ ਪ੍ਰਗਟ ਕਰਦੇ ਹੋਏ ਅਪੀਲ ਕੀਤੀ ਕਿ ਅਜਿਹੇ ਕਦਮ ਚੁੱਕਣ ਦੀ ਬਜਾਏ ਕਿਸਾਨੀ ਮੰਗਾਂ ਪੂਰੀਆਂ ਮਨਵਾਉਣ ਲਈ ਸਰਕਾਰ ਵਿਰੁੱਧ ਚਲ ਰਹੇ ਸੰਘਰਸ਼ ਵਿਚ ਜ਼ਾਬਤੇ ਨਾਲ ਲੜਾਈ ਲੜੀ ਜਾਣੀ ਚਾਹੀਦੀ ਹੈ।