JALANDHAR WEATHER

ਦਿੱਲੀ ਅੰਦੋਲਨ 2 ਦੇ ਸੱਦੇ 'ਤੇ ਪੰਜਾਬ ਭਰ 'ਚ ਸੈਂਕੜੇ ਥਾਵਾਂ 'ਤੇ ਲੱਖਾਂ ਕਿਸਾਨਾਂ ਮਜ਼ਦੂਰਾਂ ਕੀਤਾ ਰੇਲ ਚੱਕਾ ਜਾਮ

ਸ਼ੰਭੂ, ਖਨੌਰੀ, 18 ਦਸੰਬਰ-ਪਿਛਲੇ 10 ਮਹੀਨਿਆਂ ਤੋਂ ਦਿੱਲੀ ਕੂਚ ਦੇ ਐਲਾਨ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਲਗਾਤਾਰ ਸ਼ੰਭੂ, ਖਨੌਰੀ ਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਉੱਤੇ ਚੱਲ ਰਿਹਾ ਹੈ। ਇਸੇ ਦੌਰਾਨ 6, 8 ਅਤੇ 14 ਦਸੰਬਰ ਨੂੰ ਪੈਦਲ ਦਿੱਲੀ ਵੱਲ ਕੂਚ ਕਰ ਰਹੇ 101 ਕਿਸਾਨਾਂ ਮਜ਼ਦੂਰਾਂ ਦੇ ਜਥਿਆਂ ਉੱਤੇ ਕੇਂਦਰ ਵਲੋਂ ਤੇ ਦੇਸ਼ ਦੇ ਸੰਵਿਧਾਨ ਦੁਆਰਾ ਬੋਲਣ ਉਤੇ ਰੋਸ ਪ੍ਰਦਰਸ਼ਨ ਦੀ ਆਜ਼ਾਦੀ ਦਾ ਗਲਾ ਘੁੱਟਣ ਖਿਲਾਫ ਅਤੇ ਜਗਜੀਤ ਸਿੰਘ ਡੱਲੇਵਾਲ ਦੁਆਰਾ 26 ਨਵੰਬਰ ਤੋਂ ਜਾਰੀ ਮਰਨ ਵਰਤ ਉਤੇ ਸਰਕਾਰ ਵਲੋਂ ਸਾਧੀ ਚੁੱਪੀ ਖਿਲਾਫ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਦਿੱਤੇ 3 ਘੰਟੇ ਦੇ ਰੇਲ ਰੋਕੋ ਦੇ ਸੱਦੇ ਉਤੇ ਪੰਜਾਬ ਅੰਦਰ 23 ਜ਼ਿਲ੍ਹਿਆਂ ਵਿਚ 50-60 ਥਾਵਾਂ ਉਤੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਕੇ ਸਫਲ ਰੇਲ ਰੋਕੋ ਮੋਰਚਾ ਲਗਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਦਿੱਲੀ ਰੇਲ ਲਾਈਨ ਤੇ ਦੇਵੀਦਾਸਪੁਰ ਰੇਲ ਫਾਟਕ ਤੋਂ ਗੱਲ ਕਰਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇ ਰੇਲ ਰੋਕੋ ਵਿਚ ਪੰਜਾਬ ਭਰ ਤੋਂ ਲੱਖਾਂ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਖੇਤੀ ਮੰਡੀ ਨਾਲ ਸੰਬੰਧਿਤ ਸਾਰੇ ਵਰਗ ਜਿਵੇਂ ਛੋਟੇ ਦੁਕਾਨਦਾਰ, ਛੋਟੇ ਵਪਾਰੀਆਂ ਵਲੋਂ ਭਰਪੂਰ ਸਹਿਯੋਗ ਮਿਲਿਆ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਖੇਤੀ ਸਮੇਤ ਸਭ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਤਹੱਈਆ ਕਰ ਚੁੱਕੀ ਹੈ ਪਰ ਅੱਜ ਦੇਸ਼ ਦਾ ਅੰਨਦਾਤਾ ਜਾਗ ਚੁੱਕਾ ਹੈ ਅਤੇ ਸਰਕਾਰ ਦੇ ਇਹ ਮਨਸ਼ੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਿੱਲੀ ਅੰਦੋਲਨ 1 ਦੌਰਾਨ ਰੱਦ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨ ਦੁਬਾਰਾ ਖੇਤੀ ਮਾਰਕੀਟਿੰਗ ਨੀਤੀ ਦੇ ਨਾਮ ਹੇਠ ਲਿਆ ਕੇ ਰਾਜਾਂ ਨੂੰ ਲਾਗੂ ਕਰਨ ਲਈ ਕਹਿ ਕੇ ਖੇਤੀ ਮੰਡੀ ਖਤਮ ਕਰਕੇ ਸਾਇਲੋ ਗੁਦਾਮਾਂ ਨੂੰ ਮੰਡੀ ਯਾਰਡ ਘੋਸ਼ਿਤ ਕਰਕੇ ਦੇਸ਼ ਦੇ 68 ਕਰੋੜ ਕਿਸਾਨਾਂ ਨੂੰ ਖੇਤੀ ਕਿੱਤੇ ਵਿਚੋਂ ਬਾਹਰ ਕੱਢਣ ਦੇ ਮਨਸੂਬੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਕਿਸਾਨ ਅੰਦੋਲਨ ਬਾਰੇ ਸਾਜ਼ਿਸ਼ੀ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਸੀ ਏਕਾ ਬਣਾ ਕੇ ਸੰਘਰਸ਼ ਨੂੰ ਹੋਰ ਵਿਆਪਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਅੰਦੋਲਨ ਦੀਆਂ ਸਾਰੀਆਂ ਮੰਗਾਂ ਉਤੇ ਸਰਕਾਰ ਵਲੋਂ ਠੋਸ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤਕ ਅੰਦੋਲਨ ਜਾਰੀ ਰਹੇਗਾ। ਜੇਕਰ ਡੱਲੇਵਾਲ ਜੀ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਨੂੰ ਇਸਦੇ ਵੱਡੇ ਖਮਿਆਜ਼ੇ ਭੁਗਤਣੇ ਪੈਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵਲੋਂ 101 ਕਿਸਾਨਾਂ ਮਜ਼ਦੂਰਾਂ ਦੇ ਜਥਿਆਂ ਉਤੇ ਕੀਤੇ ਗਏ ਤਸ਼ੱਦਦ ਅਤੇ ਖਨੌਰੀ ਬਾਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਨਾਜ਼ੁਕ ਹਾਲਤ ਦੇ ਸਦਮੇ ਕਾਰਨ ਸ਼ੰਭੂ ਬਾਰਡਰ ਉਤੇ ਸਲਫਾਸ ਨਿਗਲਣ ਵਾਲੇ ਜ਼ੇਰੇ ਇਲਾਜ ਰਣਜੋਧ ਸਿੰਘ ਵਾਸੀ ਪਿੰਡ ਰਤਨਹੇੜੀ, ਖੰਨਾ ਦੀ ਦੁਖਦ ਮੌਤ ਹੋ ਗਈ ਹੈ। 

ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮ੍ਰਿਤਕ ਦੇ ਪਰਿਵਾਰ ਲਈ 25 ਲੱਖ ਦੀ ਮਾਲੀ ਸਹਾਇਤਾ, ਕੁੱਲ ਕਰਜ਼ਾ ਖਤਮ ਕਰਨ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋਨਾਂ ਫੋਰਮਾਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਉਨ੍ਹਾਂ ਪੂਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਅਤੇ ਸਮੂਹ ਪੰਜਾਬ ਦੇ ਭਲੇ ਲਈ ਪੰਜਾਬ ਬੰਦ ਵਿਚ ਸਹਿਯੋਗ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਸਵਿੰਦਰ ਸਿੰਘ ਚੌਤਾਲਾ, ਅਸ਼ੋਕ ਬਲਾਰਾ, ਤੇਜਵੀਰ ਸਿੰਘ ਪੰਜੋਖੜਾ ਸਾਹਿਬ, ਗੁਰਅਮਨੀਤ ਸਿੰਘ ਮਾਂਗਟ, ਪਰਮਜੀਤ ਸਿੰਘ, ਜੰਗ ਸਿੰਘ ਭਧੇੜੀ, ਚਮਕੌਰ ਸਿੰਘ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ