ਡੱਲੇਵਾਲ ਨੂੰ ਕੀਤਾ ਜਾਵੇ ਹਸਪਤਾਲ ਵਿਚ ਦਾਖ਼ਲ- ਸੁਪਰੀਮ ਕੋਰਟ
ਨਵੀਂ ਦਿੱਲੀ, 20 ਦਸੰਬਰ- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ’ਤੇ 25 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਸੰਬੰਧਿਤ ਅੱਪਡੇਟ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ। ਇਸ ਸੰਬੰਧੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਹੈ ਕਿ ਕੱਲ੍ਹ ਅਸੀਂ ਡੱਲੇਵਾਲ ਦੇ ਸਾਰੇ ਟੈਸਟ ਕਰਵਾਏ ਸਨ। ਈ.ਸੀ.ਜੀ. ਨਾਰਮਲ ਸੀ, ਖੂਨ ਦੇ ਨਮੂਨੇ ਵੀ ਲਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਮੇਂ, ਅਜਿਹਾ ਲੱਗਦਾ ਹੈ ਕਿ ਸਥਿਤੀ ਸਾਡੇ ਕਾਬੂ ਹੇਠ ਹੈ। ਉਨ੍ਹਾਂ ਦੇ ਦਿਲ ‘ਤੇ ਕੋਈ ਅਸਰ ਨਹੀਂ ਹੋਇਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਖੂਨ ਦੇ ਨਮੂਨਿਆਂ ਦੇ ਕਰੀਬ 20 ਟੈਸਟ ਕੀਤੇ। ਇਸ ’ਤੇ ਅਦਾਲਤ ਨੇ ਪੁੱਛਿਆ ਕਿ ਕਿਹੜਾ ਹਿੱਸਾ ਅਸਾਧਾਰਨ ਸੀ? ਸਰਕਾਰੀ ਵਕੀਲ ਨੇ ਕਿਹਾ ਕਿ ਕ੍ਰੀਏਟੀਨਾਈਨ ਥੋੜ੍ਹਾ ਵੱਧ ਗਿਆ ਹੈ। ਯੂਰਿਕ ਐਸਿਡ ਜ਼ਿਆਦਾ ਹੈ, ਜਿਸ ਲਈ ਦਵਾਈ ਦੀ ਲੋੜ ਹੈ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਤੇ ਨਾਲ ਹੀ ਕਿਹਾ ਕਿ ਡੱਲੇਵਾਲ ਨੂੰ, ਜੋ ਅਸਥਾਈ ਹਸਪਤਾਲ ਬਣਾਇਆ ਗਿਆ ਹੈ, ਉਸ ਵਿਚ ਹੀ ਸ਼ਿਫ਼ਟ ਕਰ ਦਿੱਤਾ ਜਾਵੇ ਤੇ ਹੁਕਮ ਦਿੱਤਾ ਹੈ ਕਿ ਇਸ ਸੰਬੰਧੀ ਹਲਫ਼ਨਾਮਾ ਦਾਖ਼ਲ ਕਰੋ ਕਿ ਡੱਲੇਵਾਲ ਨੂੰ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਡੀ. ਜੀ. ਤੇ ਮੁੱਖ ਸਕੱਤਰ ਪੰਜਾਬ ਇਸ ਸੰਬੰਧੀ ਆਪਣਾ ਹਲਫ਼ਨਾਮਾ ਦਾਇਰ ਕਰਨਗੇ।