ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਜਲੰਧਰ, 26 ਦਸੰਬਰ- ਜਲੰਧਰ ਪੁਲਿਸ ਬਦਮਾਸ਼ਾਂ, ਗੈਂਗਸਟਰਾਂ ਅਤੇ ਸਮੱਗਲਰਾਂ ਖਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਮਸ਼ੇਰ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਨੂੰ ਪੁਲਿਸ ਨੇ ਐਨਕਾਊਂਟਰ ਵਿਚ ਕਾਬੂ ਕਰ ਲਿਆ ਹੈ। ਸੂਤਰਾਂ ਅਨੁਸਾਰ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਈ ਗੋਲੀਬਾਰੀ ’ਚ ਕਰੀਬ 15 ਫਾਇਰ ਕੀਤੇ ਗਏ। ਘਟਨਾ ’ਚ ਜ਼ਖਮੀ ਹੋਏ ਦੋਸ਼ੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਬੀਤੇ ਦਿਨੀਂ ‘ਆਪ’ ਵਰਕਰਾਂ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਮਨਜੀਤ ਸਿੰਘ ਭਾਪਾ ਅਤੇ ਅਮਨਦੀਪ ਬਿੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਵਿੰਦਰ ਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਿਸਤੌਲ ਬਰਾਮਦ ਕਰਨ ਲਈ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਮੌਕੇ ’ਤੇ ਗਈ, ਜਿੱਥੇ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਬਚਾਅ ’ਚ ਜਵਾਬੀ ਕਾਰਵਾਈ ਕਰਦੇ ਹੋਏ ਗੁਰਗੇ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮੁੱਠਭੇੜ ਵਿਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੌਕੇ ਤੋਂ 6 ਹਥਿਆਰ ਅਤੇ ਗੋਲੀਆਂ ਅਤੇ ਸਿੱਕੇ ਵੀ ਬਰਾਮਦ ਕੀਤੇ ਹਨ।