ਦਿੱਲੀ ਉਪ ਰਾਜਪਾਲ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਦਿੱਤੇ ਹੁਕਮ
ਨਵੀਂ ਦਿੱਲੀ, 28 ਦਸੰਬਰ- ਦਿੱਲੀ ਉਪ ਰਾਜਪਾਲ ਸਕੱਤਰੇਤ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਕੱਤਰੇਤ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਇਸ ਸੰਬੰਧੀ ਨਿਰਦੇਸ਼ ਦਿੱਤੇ ਹਨ ਤੇ ਡਿਵੀਜ਼ਨਲ ਕਮਿਸ਼ਨਰ ਨੂੰ ਜਾਂਚ ਕਰਨ ਲਈ ਕਿਹਾ ਗਿਆ ਹੈ। ਸਕੱਤਰੇਤ ਨੇ ਪੁਲਿਸ ਕਮਿਸ਼ਨਰ ਨੂੰ ਕਿਹਾ ਹੈ ਕਿ ਲਾਭ ਦੇਣ ਦੀ ਆੜ ਵਿਚ ਡਾਟਾ ਦੀ ਗੁਪਤਤਾ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਤੋਂ ਪਹਿਲਾਂ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਦਿੱਲੀ ਸਰਕਾਰ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਔਰਤਾਂ ਅਤੇ ਬਜ਼ੁਰਗਾਂ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਸੰਜੀਵਨੀ ਅਤੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾਵਾਂ ਤੋਂ ਦੂਰ ਰਹਿਣ ਲਈ ਸਾਵਧਾਨ ਕੀਤਾ ਸੀ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਇਕ ਇਸ਼ਤਿਹਾਰ ਜਾਰੀ ਕਰਕੇ ਕਿਹਾ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਰਜਿਸਟ੍ਰੇਸ਼ਨ ਕਰਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।