ਮੰਗਾਂ ਸੰਬੰਧੀ ਪੀ.ਸੀ.ਐਮ.ਐਸ. ਡਾਕਟਰਾਂ ਦੀ ਐਸੋਸੀਏਸ਼ਨ ਵਲੋਂ ਮੁੜ ਧਰਨੇ ਲਾਉਣ ਦੀ ਚਿਤਾਵਨੀ
ਤਪਾ ਮੰਡੀ (ਬਰਨਾਲਾ), 5 ਜਨਵਰੀ (ਵਿਜੇ ਸ਼ਰਮਾ)-ਬੀਤੇ ਵਰ੍ਹੇ ਸਤੰਬਰ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਵਲੋਂ ਸੁਰੱਖਿਆ ਅਤੇ ਤਰੱਕੀਆਂ ਦੀਆਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨੇ ਕੀਤੇ ਗਏ ਸਨ, ਜਿਸ ਦੌਰਾਨ ਓ.ਪੀ.ਡੀ. ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। 14 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਭਵਨ ਵਿਚ ਬੈਠਕ ਉਪਰੰਤ ਮੀਡੀਆ ਵਿਚ ਲੋਕਾਂ ਦੇ ਸਾਹਮਣੇ ਆ ਕੇ ਇਹ ਵਾਅਦਾ ਕੀਤਾ ਗਿਆ ਸੀ ਕਿ ਇਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਤਿੰਨ ਹਫਤਿਆਂ ਦੇ ਸਮੇਂ ਵਿਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਸਰਕਾਰੀ ਡਾਕਟਰਾਂ ਦੀ ਜਥੇਬੰਦੀ ਵਲੋਂ ਇਸ ਦਿੱਤੇ ਗਏ ਭਰੋਸੇ ਉਤੇ ਧਰਨਾ ਖਤਮ ਕਰਕੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਸਨ ਪਰ ਮਿੱਥੇ ਗਏ ਸਮੇਂ ਵਿਚ ਸਰਕਾਰ ਵਲੋਂ ਦੋਵਾਂ ਮੁੱਦਿਆਂ ਉਤੇ ਕੁਝ ਨਾ ਕੀਤੇ ਜਾਣ ਕਾਰਨ ਪੂਰੇ ਪੰਜਾਬ ਦੇ ਮੈਡੀਕਲ ਅਫਸਰਾਂ ਵਿਚ ਭਾਰੀ ਰੋਸ ਹੈ ਅਤੇ ਬਹੁਤੀਆਂ ਥਾਵਾਂ ਉਤੇ ਕਈ ਸਪੈਸ਼ਲਿਸਟ ਸਰਕਾਰੀ ਸੇਵਾਵਾਂ ਤੋਂ ਰਿਜ਼ਾਇਨ ਕਰਕੇ ਹਸਪਤਾਲ ਛੱਡ ਰਹੇ ਹਨ। ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਹਸਪਤਾਲ ਦੇ ਮਾਹਿਰ ਡਾਕਟਰ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਨੂੰ ਦੇਖਦੇ ਹੋਏ ਡਾਕਟਰਾਂ ਦੀ ਐਸੋਸੀਏਸ਼ਨ ਨੇ ਸਰਕਾਰ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਪੀ.ਸੀ.ਐਮ.ਐਸ. ਡਾਕਟਰਾਂ ਦੀ ਐਸੋਸੀਏਸ਼ਨ ਮੁੜ ਧਰਨੇ ਲਾਉਣ ਲਈ ਮਜਬੂਰ ਹੋ ਜਾਣਗੀਆਂ।