ਐਡਵੋਕੇਟ ਧਾਮੀ ਨੇ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਿਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਆਵਾਜ਼ ਉਠਾਈ ਅਤੇ ਮਨੁੱਖਤਾ ਨੂੰ ਸਵੈਮਾਨ ਨਾਲ ਜੀਵਨ ਜਿਊਣ ਲਈ ਉਤਸ਼ਾਹਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ 'ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।