ਅਕਾਲੀ ਦਲ ਦੇ ਉੱਚ ਪੱਧਰੀ ਵਫ਼ਦ ਨੇ ਜਥੇਦਾਰ ਨਾਲ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ ਗੱਲਬਾਤ: ਡਾ. ਚੀਮਾ
ਅੰਮ੍ਰਿਤਸਰ, 8 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਉੱਚ ਪੱਧਰੀ ਵਫ਼ਦ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਕਰੀਬ ਇਕ ਘੰਟਾ ਬੰਦ ਕਮਰਾ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨਾਲ ਮੌਜੂਦਾ ਪੰਥਕ ਹਾਲਾਤ ਅਤੇ ਖਾਸ ਕਰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ ਦੌਰਾਨ ਤਕਨੀਕੀ ਅਤੇ ਕਾਨੂੰਨੀ ਨੁਕਤਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ ਦੀ ਇਕੱਤਰਤਾ ਜਲਦੀ ਹੀ ਹੋਣ ਜਾ ਰਹੀ ਹੈ, ਜਿਸ ਵਿਚ ਜਥੇਦਾਰ ਸਾਹਿਬ ਦੇ ਹੁਕਮ ਅਨੁਸਾਰ ਅਸਤੀਫ਼ਿਆਂ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਉਹ ਜਥੇਦਾਰ ਸਾਹਿਬ ਦੇ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਗੱਲ ਬੜੇ ਵਿਸਥਾਰ ਨਾਲ ਸੁਣਿਆ ਹੈ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਿਹਾ ਹੈ ਅਤੇ ਇਥੋਂ ਜਾਰੀ ਹਰ ਹੁਕਮ ਨੂੰ ਸਵੀਕਾਰ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਵਲੋਂ ਵਿਸ਼ਾਲ ਸਿਆਸੀ ਕਾਨਫ਼ਰੰਸ ਕੀਤੀ ਜਾਵੇਗੀ, ਜਿਸ ਪ੍ਰਤੀ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਭਾਈ ਰਾਮ ਸਿੰਘ, ਪਰਮਜੀਤ ਸਿੰਘ ਸਰਨਾ, ਅਰਸ਼ਦੀਪ ਸਿੰਘ ਕਲੇਰ, ਸਰਦਾਰ ਤੁਗਲਵਾਲ ਆਦਿ ਸੀਨੀਅਰ ਅਕਾਲੀ ਆਗੂ ਮੌਜੂਦ ਸਨ।