ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਅੱਜ ਜਥੇਦਾਰ ਨਾਲ ਮੀਟਿੰਗ ਸੰਬੰਧੀ ਦਿੱਤਾ ਸਪਸ਼ਟੀਕਰਨ
ਅੰਮ੍ਰਿਤਸਰ, 9 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਰੋਜ਼ਾਨਾ ਦੀ ਤਰ੍ਹਾਂ ਹੀ ਮਿਲੇ ਸਨ, ਪਰ ਮੀਡੀਆ ਦੇ ਕੁਝ ਹਿੱਸੇ ਵਲੋਂ ਇਸ ਸੰਬੰਧੀ ਹੋਰ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮੈਂ ਰੱਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਹਨ ਅਤੇ ਉਨ੍ਹਾਂ ਨਾਲ ਅਤੇ ਹੋਰ ਸਿੰਘ ਸਾਹਿਬਾਨ ਨਾਲ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧਾਂ ਆਦਿ ਨੂੰ ਲੈ ਕੇ ਅਕਸਰ ਮੁਲਾਕਾਤ ਕਰਕੇ ਗੱਲਬਾਤ ਕੀਤੀ ਜਾਂਦੀ ਹੈ। ਇਸ ਮਿਲਣੀ ਸੰਬੰਧੀ ਕੋਈ ਹੋਰ ਕਿਆਸ ਅਰਾਈਆਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ।