JALANDHAR WEATHER

ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਸੰਬੰਧੀ ਪਟੀਸ਼ਨ 'ਤੇ ਸਪੀਕਰ 11 ਫਰਵਰੀ ਨੂੰ ਕਰਨਗੇ ਸੁਣਵਾਈ

ਨਵਾਂਸ਼ਹਿਰ ,13 ਜਨਵਰੀ (ਜਸਬੀਰ ਸਿੰਘ ਨੂਰਪੁਰ) -ਇਕ ਬਿਲਕੁਲ ਵੱਖਰੀ ਕਿਸਮ ਦੇ ਅਹਿਮ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉੱਘੇ ਵਕੀਲ ਐਚ.ਸੀ.ਅਰੋੜਾ ਦੀਆਂ ਦਲੀਲਾਂ ਸੁਣਨਗੇ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਲਕਾ ਬੰਗਾ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਕਿਉਂ ਨਾ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਜਾਵੇ । ਡਾ.ਸੁਖਵਿੰਦਰ ਕੁਮਾਰ ਸੁੱਖੀ , ਜੋ ਕਿ 2022 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਇਕ ਦੀ ਚੋਣ ਜਿੱਤੇ ਸਨ, ਨੇ ਮਿਤੀ 14 ਅਗਸਤ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ । ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐਚ.ਸੀ. ਅਰੋੜਾ ਨੇ ਮਿਤੀ 20 ਅਗਸਤ 2024 ਨੂੰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਸੀ ਕਿ ਉਹ ਪਾਰਟੀ ਬਦਲਣ ਕਰਕੇ ਨਿਯਮਾਂ ਮੁਤਾਬਿਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ । ਸ਼੍ਰੀ ਅਰੋੜਾ ਨੇ 4 ਸਤੰਬਰ 2024 ਨੂੰ ਇਕ ਪਟੀਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਕੇ ਮੰਗ ਕੀਤੀ ਸੀ ਕਿ ਪਾਰਟੀ ਬਦਲਣ ਕਰਕੇ ਡਾ. ਸੁੱਖੀ ਦੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਕੋਈ ਜਵਾਬ ਨਾ ਮਿਲਣ 'ਤੇ ਸ਼੍ਰੀ ਅਰੋੜਾ ਨੇ 4 ਨਵੰਬਰ 2024 ਨੂੰ ਦੁਬਾਰਾ ਇਕ ਪਟੀਸ਼ਨ ਭੇਜ ਕੇ ਸਪੀਕਰ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਪਹਿਲੀ ਅਰਜ਼ੀ ਦੀ ਸੁਣਵਾਈ ਜਲਦੀ ਕੀਤੀ ਜਾਵੇ। ਫਿਰ ਵੀ ਕੋਈ ਜਵਾਬ ਨਾ ਮਿਲਣ ਤੇ ਸ਼੍ਰੀ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਨ-ਹਿੱਤ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਉਹ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਸ੍ਰੀ ਅਰੋੜਾ ਨੂੰ ਕਿਹਾ ਗਿਆ ਹੈ ਕਿ ਉਹ 11 ਫਰਵਰੀ 2025 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਦਫ਼ਤਰ ਵਿਚ ਪਹੁੰਚਣ ਤਾਂ ਜੋ ਉਨ੍ਹਾਂ ਦੀ ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਤੋਂ ਯੋਗ ਕਰਾਰ ਦੇਣ ਸੰਬੰਧੀ ਪਟੀਸ਼ਨ ਦੀ ਸੁਣਵਾਈ ਕੀਤੀ ਜਾ ਸਕੇ। ਇਸ ਪੱਤਰ ਦੇ ਆਧਾਰ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਅਰੋੜਾ ਦੀ ਜਨ-ਹਿੱਤ ਪਟੀਸ਼ਨ ਫਿਲਹਾਲ ਬੰਦ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ