ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਾਉਣ ਤੋਂ ਕੀਤਾ ਮਨ੍ਹਾ, ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ
ਸ਼ੁਤਰਾਣਾ, (ਪਟਿਆਲਾ), 22 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਉਸ ਸਮੇਂ ਅਫ਼ਰਾ ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਮਨ੍ਹਾ ਕਰ ਦਿੱਤਾ। ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਇਸ ਸੰਬੰਧੀ ਡੀ.ਐਸ.ਪੀ. ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ ਕਰਕੇ ਉਸ ਦੀ ਭਾਸ਼ਾ ਸਮਝ ਨਹੀਂ ਆਈ, ਜਿਸ ਕਰਕੇ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਨੂੰ ਮਨ੍ਹਾ ਕੀਤਾ ਸੀ। ਇਸ ਸੰਬੰਧੀ ਮੋਰਚੇ ਦੇ ਪ੍ਰਮੁੱਖ ਆਗੂ ਕਾਕਾ ਸਿੰਘ ਕੋਟੜਾ ਨੇ ਸਿਹਤ ਮੰਤਰੀ ਡਾ. ਬਲਵੀਰ ਸਿਘ ਨਾਲ ਵੀ ਫੋਨ ’ਤੇ ਗੱਲ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰੀ ਡਾਕਟਰ ਸ. ਡੱਲੇਵਾਲ ਦਾ ਇਲਾਜ਼ ਕਰਨ ਤੋਂ ਅਸਮਰਥ ਹਨ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ। ਅਸੀਂ ਪ੍ਰਾਈਵੇਟ ਡਾਕਟਰਾਂ ਦਾ ਪ੍ਰਬੰਧ ਕਰ ਲਈਏ। ਇਸ ਮੌਕੇ ਏ.ਡੀ.ਸੀ. ਪਟਿਆਲਾ ਈਸ਼ਾ ਸਿੰਘਲ, ਸਿਵਲ ਸਰਜਨ ਪਟਿਆਲਾ, ਐਸ.ਡੀ.ਐਮ. ਅਸ਼ੋਕ ਕੁਮਾਰ ਡੀ.ਐਸ.ਪੀ. ਇੰਦਰਪਾਲ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।