

ਛੇਹਰਟਾ (ਅੰਮ੍ਰਿਤਸਰ), 21 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ ਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਏ.ਡੀ.ਏ. ਦੇ ਰੈਗੂਲੇਟਰੀ ਵਿੰਗ ਵਲੋਂ ਡਿਊਟੀ ਮੈਜਿਸਟ੍ਰੇਟ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏ.ਡੀ.ਏ. ਅੰਮ੍ਰਿਤਸਰ ਅਤੇ ਥਾਣਾ ਘਰਿੰਡਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਛੇਹਰਟਾ ਸਾਹਿਬ ਤੋਂ ਗੁਰਦੁਆਰਾ ਸੰਨ ਸਾਹਿਬ ਰੋਡ ਉਤੇ ਪਿੰਡ ਬਾਸਰਕੇ ਗਿੱਲਾਂ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ। ਰੈਗੂਲੇਟਰੀ ਵਿੰਗ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਲਗਾਤਾਰ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਾਸਰਕੇ ਗਿੱਲਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ ਕਿਉਂਕਿ ਉਕਤ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।