
ਚੰਡੀਗੜ੍ਹ, 22 ਫਰਵਰੀ - ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ ਸਾਰਥਕ ਮਾਹੌਲ 'ਚ ਹੋਈ ਹੈ । ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ। ਤਿੰਨ ਘੰਟੇ ਚੱਲੀ ਮੀਟਿੰਗ ’ਚ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਖ਼ੁਰਾਕ ਤੇ ਸਪਲਾਈ ਮੰਤਰੀ ਪ੍ਰਹਲਾਦ ਜੋਸ਼ੀ ਤੇ ਪੀਯੂਸ਼ ਗੋਇਲ ਨੇ ਹਿੱਸਾ ਲਿਆ। ਮੀਟਿੰਗ ’ਚ ਐੱਸ.ਕੇ.ਐੱਮ. (ਗ਼ੈਰ-ਸਿਆਸੀ) ਵਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸੇ ਤਰ੍ਹਾਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਿਵਰਾਜ ਚੌਹਾਨ ਸਮੇਤ ਦੂਸਰੇ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਪਰ ਡੱਲੇਵਾਲ ਨੇ ਮੰਗਾਂ ਮੰਨਣ ਤੱਕ ਭੁੱਖ ਹੜਤਾਲ ਜਾਰੀ ਰੱਖਣ ਦੀ ਗੱਲ ਕਹੀ ।