

ਸੰਗਤ ਮੰਡੀ (ਬਠਿੰਡਾ), 26 ਫਰਵਰੀ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ ਦੀ ਹੱਦ ਉਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਨੇ ਗਸ਼ਤ ਦੌਰਾਨ ਇਕ ਨੌਜਵਾਨ ਪਾਸੋਂ ਸਾਢੇ ਸੱਤ ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਪਥਰਾਲਾ ਕੋਲ ਭਾਰਤ ਮਾਲਾ ਸੜਕ ਦੇ ਪੁਲ ਥੱਲੇ ਪਹੁੰਚੀ ਤਾਂ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਕਿ ਇਕ ਕਾਗਜ਼ ਦੀ ਫਰੋਲਾ-ਫਰਾਲੀ ਕਰ ਰਿਹਾ ਸੀ। ਜਦੋਂ ਪੁਲਿਸ ਨੇ ਸ਼ੱਕ ਪੈਣ ਉਤੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਸਾਢੇ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਥਰਾਲਾ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਸੰਗਤ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਬਾਦਲ ਰੋਡ ਉਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਘੁੱਦਾ ਤੋਂ ਪਿੰਡ ਝੁੰਬਾ ਨੂੰ ਜਾਂਦੀ ਸੜਕ ਉਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਝੁੰਬਾ ਇਕ ਮੋੜ ਉਤੇ ਪਹੁੰਚੀ ਤਾਂ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਕੋਲ ਇਕ ਲਿਫਾਫਾ ਸੀ, ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਪਿੰਡ ਝੁੰਬਾ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਤਫਤੀਸ਼ ਜਾਰੀ ਹੈ।