
ਨਵੀਂ ਦਿੱਲੀ, 27 ਫਰਵਰੀ- ਅੱਜ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਰੋਕ ਦਿੱਤਾ ਗਿਆ। ਇਸ ’ਤੇ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਆਗੂ ਆਤਿਸ਼ੀ ਦੀ ਉਥੇ ਮੌਜੂਦ ਪੁਲਿਸ ਕਰਮੀਆਂ ਨਾਲ ਬਹਿਸ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਕਹਿ ਰਹੇ ਹਨ ਕਿ ਸਾਨੂੰ (ਆਪ ਵਿਧਾਇਕਾਂ) ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ, ਇਸ ਲਈ ਸਾਨੂੰ ਵਿਧਾਨ ਸਭਾ ਕੰਪਲੈਕਸ ਵਿਚ ਦਾਖਲ ਹੋਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। ਇਹ ਗੈਰ-ਲੋਕਤੰਤਰੀ ਅਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ, ਦੇਸ਼ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਸੰਸਦ ਵਿਚ ਵੀ, ਮੁਅੱਤਲ ਕੀਤੇ ਜਾਣ ਤੋਂ ਬਾਅਦ ਵੀ ਗਾਂਧੀ ਦੇ ਬੁੱਤ ਹੇਠ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਆਖ਼ਰਕਾਰ, ਸਾਨੂੰ ਕਿਵੇਂ ਰੋਕਿਆ ਜਾ ਸਕਦਾ ਹੈ? ਅਸੀਂ ਸਪੀਕਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕੁਝ ਨਹੀਂ ਹੋ ਰਿਹਾ।