
ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਮਕਾ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ ਅਤੇ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਦੇ ਤਿੰਨ ਵੱਡੇ ਇਕੱਠ ਸ਼ੰਭੂ ਖਨੌਰੀ ਅਤੇ ਰਤਨਪੁਰਾ ਬਾਰਡਰਾਂ ਉਤੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਤੀਜੀ ਮੀਟਿੰਗ 19 ਮਾਰਚ ਨੂੰ ਮੋਰਚੇ ਨਾਲ ਹੋਵੇਗੀ। ਇਸ ਤੋਂ ਪਹਿਲਾਂ ਵੱਖ-ਵੱਖ ਸੂਬਿਆਂ ਵਿਚ ਕਿਸਾਨ ਕਾਨਫਰੰਸਾਂ ਕੀਤੀਆਂ ਜਾਣਗੀਆਂ ਅਤੇ ਐਮ.ਐਸ.ਪੀ. ਸਾਰੀਆਂ ਫਸਲਾਂ ਉਤੇ ਦੇਣ ਲਈ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ।