
ਜਲੰਧਰ, 1 ਮਾਰਚ-ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਲਗਾਤਾਰ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਛਾਪੇਮਾਰੀ ਦੌਰਾਨ ਵੱਡੇ ਪੱਧਰ 'ਤੇ ਗ੍ਰਿਫ਼ਤਾਰੀਆਂ ਅਤੇ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆਂ ਹਨ। ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਨੂੰ ਰੋਕਣ ਲਈ ਚੱਲ ਰਹੇ ਮਿਸ਼ਨ ਦਾ ਹਿੱਸਾ ਹੈ। ਮੀਡੀਆ ਨੂੰ ਵੇਰਵੇ ਦਿੰਦਿਆਂ ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਜ਼ਿਲ੍ਹੇ ਭਰ ਵਿਚ 4 ਐਸ.ਪੀ.-ਰੈਂਕ ਦੇ ਅਧਿਕਾਰੀਆਂ, 12 ਡੀ.ਐਸ.ਪੀ. ਅਤੇ 525 ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੁਲਿਸ ਟੀਮਾਂ ਦੁਆਰਾ ਕੁੱਲ 28 ਛਾਪੇ ਮਾਰੇ ਗਏ, ਜਿਸ ਦੌਰਾਨ 110 ਸ਼ੱਕੀਆਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਦੇ ਨਤੀਜੇ ਵਜੋਂ 19 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 2 ਭਗੌੜੇ ਅਪਰਾਧੀਆਂ ਸਮੇਤ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।