
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)- ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਸ਼ੋਅ ਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਭੀੜ ਵਲੋਂ ਸਿੱਖ ਵਪਾਰੀਆਂ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸ਼ੋਅਰੂਮ ਉੱਤੇ ਵੀ ਪੱਥਰਬਾਜ਼ੀ ਕਰਕੇ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਭੀੜ ਵਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ, ਇਸ ਲਈ ਪੁਲਿਸ ਦੋਸ਼ੀਆਂ ਖਿਲਾਫ਼ ਦਰਜ ਕੀਤੇ ਗਏ ਪਰਚੇ ਵਿਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਿਲ ਕਰੇ। ਸ. ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸ ਕੌਂਸਲਰ ਦਾ ਹੱਥ ਹੈ ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪਰੇਸ਼ਾਨ ਵੀ ਕਰਦਾ ਆ ਰਿਹਾ ਹੈ। ਆਪਣੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਆਦੇਸ਼ ਕਰਨ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ।