ਪੁਲਿਸ ਕਾਰਵਾਈ ਖਿਲਾਫ ਜ਼ਿਲ੍ਹਾ ਬਰਨਾਲਾ ਦੇ ਕੈਮਿਸਟਾਂ ਨੇ ਸੰਕੇਤਕ ਹੜਤਾਲ ਵਜੋਂ ਕੀਤੀਆਂ ਦੁਕਾਨਾਂ ਬੰਦ

ਬਰਨਾਲਾ, 11 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਪਿਛਲੇ ਦਿਨੀਂ ਬਰਨਾਲਾ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਸਮੇਤ ਦਵਾਈਆਂ ਦੀ ਦੁਕਾਨਾਂ ਵਿਚ ਜਾ ਕੇ ਕੀਤੀ ਗਈ ਚੈਕਿੰਗ ਦੇ ਵਿਰੋਧ ਵਿਚ ਅੱਜ ਬਰਨਾਲਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਕੈਮਿਸਟਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਸੰਕੇਤਕ ਹੜਤਾਲ ਕੀਤੀ ਗਈ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਅਰੋੜਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਸਹਿਯੋਗ ਦੇਣ ਲਈ ਵੀ ਤਿਆਰ ਹਨ ਲੇਕਿਨ ਜਿਸ ਢੰਗ ਨਾਲ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਦਵਾਈਆਂ ਦੀ ਦੁਕਾਨਾਂ ’ਚ ਜਾ ਕੇ ਦੁਕਾਨਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਐਸੋਸੀਏਸ਼ਨ ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਬੰਦ ਰੱਖਣਗੇ ਅਤੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।