JALANDHAR WEATHER

ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਅਤਿ ਅਹਿਮ ਰਹੇਗਾ ਨਵੇਂ ਰੂਪ 'ਚ ਤਿਆਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ - ਧਾਮੀ

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ ਹਾਊਸ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਧੁਨਿਕ ਮਸ਼ੀਨ ਦਾ ਉਦਘਾਟਨ ਕੀਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।  ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪਾਂ ਦੇ ਪ੍ਰਕਾਸ਼ਨ, ਸੇਵਾ ਸੰਭਾਲ ਤੇ ਰੱਖ-ਰਖਾਅ ਲਈ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਚਾਰ ਨੰਬਰ ਹਾਲ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਵਲੋਂ ਕਰਵਾਈ ਗਈ ਹੈ। ਇਸੇ ਤਰ੍ਹਾਂ ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਅਤੇ ਲਿਟਰੇਚਰ ਹਾਊਸ ਨੂੰ ਵੀ ਨਵੇਂ ਸਿਰਿਓਂ ਤਿਆਰ ਕੀਤਾ ਗਿਆ ਹੈ। ਇਸ ਇਮਾਰਤ ਦੀ ਸੇਵਾ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਸੀ। ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੀ ਆਸਥਾ ਦਾ ਧੁਰਾ ਹਨ, ਜਿਸ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਸਿੱਖ ਸੰਸਥਾ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ਨ ਕੇਵਲ ਸ਼੍ਰੋਮਣੀ ਕਮੇਟੀ ਹੀ ਕਰਦੀ ਹੈ, ਜਿਥੋਂ ਪਾਵਨ ਸਰੂਪ ਮਰਿਯਾਦਾ ਅਨੁਸਾਰ ਸੰਗਤਾਂ ਤੱਕ ਪਹੁੰਚਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਦੇ ਨਵੀਨੀਕਰਨ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਅਤੇ ਸੰਭਾਲ ਦੀ ਪ੍ਰਕਿਰਿਆ ਨੂੰ ਹੋਰ ਸਚਾਰੂ ਅਤੇ ਮਰਿਯਾਦਾ ਪੂਰਨ ਬਣਾਉਣਾ ਹੈ। ਨਵੇਂ ਢਾਂਚੇ ਵਿਚ ਆਧੁਨਿਕ ਤਕਨੀਕਾਂ ਅਤੇ ਸਹੂਲਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਸ ਨਾਲ ਪਾਵਨ ਸਰੂਪਾਂ ਦੀ ਸੇਵਾ-ਸੰਭਾਲ ਵਿਚ ਪੂਰਨ ਸੁਰੱਖਿਆ ਅਤੇ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ