ਵਿਰੋਧ ਪ੍ਰਦਰਸ਼ਨਾਂ ਦਰਮਿਆਨ ਲਾਸ ਏਂਜਲਸ ਵਿਚ ਤਕਰੀਬਨ 400 ਗ੍ਰਿਫ਼ਤਾਰੀਆਂ

ਸੈਕਰਾਮੈਂਟੋ, ਕੈਲੀਫੋਰਨੀਆ, 12 ਜੂਨ (ਹੁਸਨ ਲੜੋਆ ਬੰਗਾ)- ਗੈਰ ਕਾਨੂੰਨੀ ਪ੍ਰਵਾਸੀਆਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਡਾਊਨ ਟਾਊਨ ਲਾਸ ਏਂਜਲਸ ਵਿਚ ਵਿਰੋਧ ਪ੍ਰਦਰਸ਼ਨ ਨਿਰੰਤਰ ਜਾਰੀ ਹਨ। ਲਾਸ ਏਂਜਲਸ ਪੁਲਿਸ ਵਿਭਾਗ ਨੇ ਕਿਹਾ ਹੈ ਕਿ ਪਿਛਲੇ 5 ਦਿਨਾਂ ਦੌਰਾਨ 385 ਤੋਂ ਵਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚ 200 ਉਹ ਲੋਕ ਵੀ ਸ਼ਾਮਿਲ ਹਨ, ਜਿਨ੍ਹਾਂ ਨੂੰ ਮੰਗਲਵਾਰ ਨੂੰ ਕਰਫ਼ਿਊ ਲੱਗਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਨਹੀਂ ਦੱਸਿਆ ਕਿ ਇਨ੍ਹਾਂ ਵਿਚ ਕਿੰਨੇ ਗੈਰ ਕਾਨੂੰਨੀ ਪ੍ਰਵਾਸੀ ਹਨ ਹਾਲਾਂਕਿ ਖ਼ਬਰਾਂ ਅਨੁਸਾਰ ਇਨ੍ਹਾਂ ਵਿਚ ਜ਼ਿਆਦਾਤਰ ਪ੍ਰਵਾਸੀ ਹੀ ਹਨ। ਯੂ .ਐਸ. ਅਟਾਰਨੀ ਬਿੱਲ ਐਸੇਲੀ ਨੇ ਕਿਹਾ ਹੈ ਕਿ 9 ਵਿਅਕਤੀਆਂ ਨੂੰ ਹਿੰਸਾ ਫੈਲਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਰੁੱਧ ਪ੍ਰਦਰਸ਼ਨਾਂ ਨਾਲ ਸੰਬੰਧਿਤ ਸੰਘੀ ਦੋਸ਼ ਆਇਦ ਕੀਤੇ ਗਏ ਹਨ। ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮਾਰੇ ਜਾ ਰਹੇ ਛਾਪਿਆਂ ਦੇ ਵਿਰੋਧ ਵਿਚ ਨਿਊਯਾਰਕ, ਡੈਨਵਰ, ਫਿਲਾਡੈਲਫੀਆ ਤੇ ਸੈਨ ਫਰਾਂਸਿਸਕੋ ਵਿਚ ਵੀ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਹਨ, ਜਿਥੇ ਦਰਜ਼ਨਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।