JALANDHAR WEATHER

ਗੁਰਦਾਸਪੁਰ ਦੇ ਪਿੰਡ ਆਦੀਆ ’ਚ ਪੁਲਿਸ ਕਰਮਚਾਰੀਆਂ ਦੀ ਗੋਲੀ ਮਾਰ ਕੇ ਹੋਈ ਮੌਤ ਤੋਂ ਬਾਅਦ ਸਰਹੱਦੀ ਖੇਤਰ ਅੰਦਰ ਅਲਰਟ

ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਆਦੀਆਂ ਵਿਖੇ ਅੱਜ 2 ਪੁਲਿਸ ਕਰਮਚਾਰੀਆਂ ਦੀ ਸ਼ੱਕੀ ਹਾਲਾਤ ਵਿਚ ਗੋਲੀਆਂ ਲੱਗਣ ਕਾਰਨ ਹੋਈ ਮੌਤ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸਰਹੱਦੀ ਖੇਤਰ ਅੰਦਰ ਅਲਰਟ ਜਾਰੀ ਕੀਤਾ ਗਿਆ ਹੈ। ਹੋਰਨਾਂ ਕਸਬਿਆਂ ਵਾਂਗ ਸਰਹੱਦੀ ਕਸਬਾ ਅਜਨਾਲਾ ਅੰਦਰ ਵੀ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਦੇਰ ਰਾਤ ਪੁਲਿਸ ਵਲੋਂ ਵਹੀਕਲਾਂ ਦੀ ਜਾਂਚ ਜਾਰੀ ਸੀ ਅਤੇ ਸ਼ੱਕੀ ਵਿਅਕਤੀਆਂ ’ਤੇ ਵੀ ਕਰੜੀ ਨਜ਼ਰ ਰੱਖੀ ਜਾ ਰਹੀ ਸੀ। ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਪਵਨ ਕੁਮਾਰ ਨੇ ਦੱਸਿਆ ਕਿ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਸੁਹੇਲ ਮੀਰ ਕਾਸਿਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ ਦਾਖ਼ਲ ਹੋਣ ਵਾਲੇ ਸਾਰੇ ਮੁੱਖ ਰਸਤਿਆਂ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਸਵੇਰੇ 7 ਵਜੇ ਤੱਕ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਗ਼ਲਤ ਕਾਰਵਾਈਆਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਆਗਿਆਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ